ਵੱਡੀ ਖਬਰ: ਕੱਚੇ ਮੁਲਾਜ਼ਮਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ, ਕਈ ਜਖ਼ਮੀ!

ਬਠਿੰਡਾ

ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਫਿਰ ਬਠਿੰਡਾ ਦੌਰੇ ਦੌਰਾਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ ਕੱਚੇ ਕਾਮਿਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਵਿਰੋਧ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨਾਲ ਪੁਲੀਸ ਵੱਲੋਂ ਖਿੱਚ ਧੂਹ ਕਰਕੇ ਹਲਕਾ ਲਾਠੀਚਾਰਜ ਕਰਦਿਆਂ ਗੱਡੀਆਂ ਵਿੱਚ ਸੁੱਟ ਕੇ ਗ੍ਰਿਫ਼ਤਾਰ ਕੀਤਾ ਗਿਆ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਗੁਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਸੰਦੀਪ ਸਿੰਘ, ਮਨਪ੍ਰੀਤ ਸਿੰਘ ਨੇ ਕਿਹਾ ਕਿ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਇਸ ਗੱਲ ਦਾ ਜਵਾਬ ਦੇਣ ਕਿ ਸਰਕਾਰ ਨੇ ਪੰਜ ਸਾਲਾਂ ਵਿਚ ਕਿਹੜੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਅਤੇ ਕਿਸ ਨੂੰ ਰੁਜ਼ਗਾਰ ਦਿੱਤਾ, ਜਦੋਂ ਕਿ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਸਰਕਾਰ ਵੱਲੋਂ 36 ਹਜ਼ਾਰ ਕਾਮਿਆਂ ਨੂੰ ਰੈਗੂਲਰ ਕੀਤਾ ਤੇ ਹਜ਼ਾਰਾਂ ਨੌਕਰੀਆਂ ਦਿੱਤੀਆਂ, ਜਦੋਂਕਿ ਕੱਚੇ ਕਾਮੇ ਪੱਕੇ ਰੁਜ਼ਗਾਰ ਦੀ ਮੰਗ ਲਈ ਰੋਸ ਪ੍ਰਦਰਸ਼ਨ ਕਰ ਰਹੇ ਹਨ, ਇਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਆਗੂਆਂ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਆਊਟਸੋਰਸਿਜ਼ ਕਾਮਿਆਂ ਨੂੰ ਪਹਿਲ ਦੇ ਆਧਾਰ ਤੇ ਪੱਕਾ ਕੀਤਾ ਜਾਵੇ, ਅੱਜ ਦੇ ਪੇ ਸਕੇਲ ਮੁਤਾਬਕ ਤਨਖਾਹਾਂ ਅਤੇ ਭੱਤੇ ਦੇਣੇ ਯਕੀਨੀ ਬਣਾਏ ਜਾਣ, ਵੱਖ ਵੱਖ ਵਿਭਾਗਾਂ ਵਿੱਚ ਪਈਆਂ ਖਾਲੀ ਅਸਾਮੀਆਂ ਭਰੀਆਂ ਜਾਣ ।ਜੇਕਰ ਸਰਕਾਰ ਇਨ੍ਹਾਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਾਂ ਆਉਂਦੇ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ, ਕਿਉਂਕਿ ਸਰਕਾਰ ਨੇ ਚੋਣਾਂ ਵੇਲੇ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਉਸ ਵਾਅਦੇ ਤੋਂ ਟਾਲਾ ਵੱਟਿਆ ਜਾ ਰਿਹਾ ਹੈ ।

ਉਨ੍ਹਾਂ ਦੋਸ਼ ਲਾਇਆ ਕਿ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁਲਾਜ਼ਮਾਂ ਦੀਆਂ ਮੰਗਾਂ ਵਿੱਚ ਸਭ ਤੋਂ ਵੱਡਾ ਅੜਿੱਕਾ ਹਨ ਇਸ ਲਈ ਇਨ੍ਹਾਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਜਦੋਂ ਵੀ ਖ਼ਜ਼ਾਨਾ ਮੰਤਰੀ ਬਠਿੰਡਾ ਦੌਰੇ ਤੇ ਆਏ ਹਨ ਇਨ੍ਹਾਂ ਮੁਲਾਜ਼ਮਾਂ ਵੱਲੋਂ ਉਨ੍ਹਾਂ ਦਾ ਡਟ ਕੇ ਵਿਰੋਧ ਕੀਤਾ ਗਿਆ।