ਭਾਰਤ ਦੇ ਇਸ ਸੂਬੇ ਦੀ ਸਰਕਾਰ ਨੇ 25 ਰੁਪਏ ਸਸਤਾ ਕਰੇਗੀ ਪੈਟਰੋਲ

ਰਾਂਚੀ (ਭਾਸ਼ਾ)—

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਬੁੱਧਵਾਰ ਨੂੰ ਆਪਣੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ ‘ਤੇ ਦੋ-ਪਹੀਆ ਵਾਹਨ ਚਲਾਉਣ ਵਾਲੇ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਪੈਟਰੋਲ ‘ਤੇ 25 ਰੁਪਏ ਪ੍ਰਤੀ ਲਿਟਰ ਦੀ ਦਰ ਨਾਲ ਸਬਸਿਡੀ ਦੇਣ ਦਾ ਐਲਾਨ ਕੀਤਾ। ਇਹ ਯੋਜਨਾ 26 ਜਨਵਰੀ ਤੋਂ ਲਾਗੂ ਹੋਵੇਗੀ। ਮੁੱਖ ਮੰਤਰੀ ਸੋਰੇਨ ਨੇ ਆਪਣੇ ਕਾਰਜਕਾਲ ਦੇ ਦੋ ਸਾਲ ਪੂਹੇ ਹੋਣ ਮੌਕੇ ਆਯੋਜਿਤ ਇਕ ਪ੍ਰੋਗਰਾਮ ਵਿਚ ਇਹ ਵੱਡਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੈਟਰੋਲ-ਡੀਜ਼ਲ ਦੀ ਕੀਮਤ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ, ਇਸ ਨਾਲ ਗਰੀਬ ਅਤੇ ਮੱਧ ਵਰਗ ਦੇ ਲੋਕ ਸਭ ਤੋਂ ਵੱਧ ਪ੍ਰਭਾਵਿਤ ਹਨ। ਇਸ ਲਈ ਸਰਕਾਰ ਸੂਬਾ ਪੱਧਰ ‘ਤੇ ਦੋ-ਪਹੀਆ ਵਾਹਨ ਲਈ ਪੈਟਰੋਲ ‘ਤੇ ਪ੍ਰਤੀ ਲਿਟਰ 25 ਰੁਪਏ ਦੀ ਰਾਹਤ ਦੇਵੇਗੀ। ਇਸ ਦਾ ਲਾਭ 26 ਜਨਵਰੀ 2022 ਤੋਂ ਮਿਲਣਾ ਸ਼ੁਰੂ ਹੋਵੇਗਾ।

ਮੁੱਖ ਮੰਤਰੀ ਨੇ ਆਪਣੇ ਇਸ ਫ਼ੈਸਲੇ ਨੂੰ ਟਵੀਟ ਕੀਤਾ ਹੈ। ਸੂਤਰਾਂ ਮੁਤਾਬਕ ਇਹ ਯੋਜਨਾ ਸਿਰਫ਼ ਗਰੀਬੀ ਰੇਖਾ ਤੋਂ ਹੇਠਾਂ ਦੇ ਲੋਕਾਂ ਲਈ ਹੋ ਸਕਦੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਕੇਂਦਰ ਸਰਕਾਰ ਵਲੋਂ ਪਿਛਲੇ ਮਹੀਨੇ ਦੀਵਾਲੀ ਤੋਂ ਪਹਿਲਾਂ 3 ਨਵੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 5 ਅਤੇ 10 ਰੁਪਏ ਪ੍ਰਤੀ ਲੀਟਰ ਦਾ ਉਤਪਾਦ ਫੀਸ ਘਟਾਉਣ ਦਾ ਐਲਾਨ ਕੀਤਾ ਸੀ।

ਜਿਸ ਤੋਂ ਬਾਅਦ ਉੱਤਰ ਪ੍ਰਦੇਸ਼ ਸਮੇਤ ਕਈ ਭਾਜਪਾ ਸ਼ਾਸਿਤ ਸੂਬਿਆਂ ਨੇ ਆਪਣੇ ਇੱਥੇ ਵੈਟ ‘ਚ ਕਮੀ ਕਰ ਕੇ ਜਨਤਾ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਭਾਰੀ ਰਾਹਤ ਦਿੱਤੀ ਸੀ। ਝਾਰਖੰਡ ਸਰਕਾਰ ‘ਤੇ ਵੀ ਨਵੰਬਰ ਤੋਂ ਹੀ ਡੀਜ਼ਲ ਅਤੇ ਪੈਟਰੋਲ ‘ਤੇ ਵੈਟ ਘਟਾਉਣ ਦਾ ਦਬਾਅ ਸੀ ਪਰ ਸੂਬਾ ਸਰਕਾਰ ਨੇ ਇਸ ਬਾਰੇ ਮੌਨ ਧਾਰਨ ਕੀਤਾ ਹੋਇਆ ਸੀ। ਅੱਜ ਮੁੱਖ ਮੰਤਰੀ ਨੇ ਸੂਬੇ ਦੇ ਗਰੀਬਾਂ ਲਈ ਇਹ ਵੱਡਾ ਐਲਾਨ ਕਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।