ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਬਾਘਾਪੁਰਾਣਾ ਵਿਖੇ 23 ਨਵੰਬਰ ਨੂੰ

ਹਰਜਿੰਦਰ ਸਿੰਘ ਮੌਰੀਆ (ਨੌਰਥ ਟਾਇਮਸ ਬਿਊਰੋ)

        ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾਤਹਿਤ ਜ਼ਿਲ੍ਹਾ ਪ੍ਰਸਾਸ਼ਨ ਮੋਗਾ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਯੋਗ ਲਾਭਪਾਤੀਆਂ ਦੀ ਸ਼ਨਾਖ਼ਤ ਵੱਡੇ ਪੱਧਰ ਤੇ ਲਗਾਤਾਰ ਜਾਰੀ ਹੈ। ਇਸੇ ਸੰਬੰਧੀ ਜ਼ਿਲ੍ਹਾ ਪੱਧਰੀ ਕੈਂਪ ਦਾ ਆਯੋਜਨ ਮਿਤੀ 23 ਨਵੰਬਰ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਬਾਘਾਪੁਰਾਣਾ ਵਿਖੇ ਕੀਤਾ ਜਾ ਰਿਹਾ ਹੈ।

      ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਦੱਸਿਆ ਕਿ ਇਸ ਕੈਂਪ ਵਿੱਚ ਭਲਾਈ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ, ਕਿਰਤ ਵਿਭਾਗ, ਸਨਅਤਾਂ ਵਿਭਾਗ, ਲੀਡ ਬੈਂਕ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਰੋਜ਼ਗਾਰ ਉਤਪਤੀ ਅਤੇ ਸਿਖ਼ਲਾਈ ਵਿਭਾਗ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਕੂਲ ਸਿੱਖਿਆ ਵਿਭਾਗ, ਕਾਨੂੰਨ ਅਤੇ ਵਿਧਾਨਕ ਮਾਮਲੇ ਵਿਭਾਗਾਂ ਸਮੇਤ ਹੋਰ ਕਈ ਵਿਭਾਗਾਂ ਵੱਲੋਂ ਯੋਗ ਲਾਭਪਾਤਰੀਆਂ ਦੀ ਸ਼ਨਾਖ਼ਤ ਕਰਕੇ ਮੌਕੇ ਤੇ ਫਾਰਮ ਆਦਿ ਭਰਵਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਵੱਖ-ਵੱਖ ਯੋਜਨਾਵਾਂ ਦਾ ਲਾਭ ਦਿਵਾਇਆ ਜਾ ਸਕੇ। ਉਹਨਾਂ ਨੇ ਸਮੂਹ ਯੋਗ ਲਾਭਪਾਤਰੀਆਂ ਨੂੰ ਇਸ ਕੈਂਪ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।

 

ਕੀ ਹੈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ?

          ਇਸ ਯੋਜਨਾ ਸੰਬੰਧੀ ਜਾਣਕਾਰੀ ਦਿੰਦਿਆਂ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਉਹਨਾਂ ਲੋਕਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ ਜੋ ਯੋਗਤਾ ਹੋਣ ਦੇ ਬਾਵਜੂਦ ਕਿਸੇ ਨਾ ਕਿਸੇ ਕਾਰਨ ਦੇ ਚੱਲਦਿਆਂ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਹਨ। ਯੋਗ ਵਿਅਕਤੀਆਂ ਨੂੰ ਯੋਜਨਾਵਾਂ ਦਾ ਬਣਦਾ ਲਾਭ ਦਿਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਯੋਜਨਾ ਤਹਿਤ ਜਿੱਥੇ ਪੰਜਾਬ ਸਰਕਾਰ ਅਜਿਹੇ ਅਣਗੌਲੇ ਯੋਗ ਵਿਅਕਤੀਆਂ/ਪਰਿਵਾਰਾਂ ਦੀ ਖੁਦ ਭਾਲ ਕਰਦੀ ਹੈ, ਉਥੇ 30 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਨੂੰ ਸੰਬੰਧਤ ਯੋਜਨਾ ਅਧੀਨ ਬਣਦਾ ਲਾਭ ਦੇਣ ਦੀ ਵੀ ਕੋਸ਼ਿਸ਼ ਕੀਤੀ ਜਾਂਦੀ ਹੈ।

       ਯੋਜਨਾ ਤਹਿਤ ਪਿੰਡ ਪੱਧਰ ਤੇ ਗਠਿਤ ਕੀਤੀਆਂ ਕਮੇਟੀਆਂ ਪਿੰਡ ਵਿੱਚ ਰਹਿਣ ਵਾਲੇ ਹਰੇਕ ਵਿਅਕਤੀ/ਪਰਿਵਾਰ ਦਾ ਸਰਵੇ ਕਰਦੀਆਂ ਹਨ, ਜਿਸ ਦੌਰਾਨ ਦੇਖਿਆ ਜਾਂਦਾ ਹੈ ਕਿ ਪੰਜਾਬ ਜਾਂ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਹਿੱਤ ਯੋਜਨਾਵਾਂ ਤੋਂ ਕੋਈ ਵੀ ਵਾਂਝਾ ਤਾਂ ਨਹੀਂ ਹੈ।

 

ਹੇਠ ਲਿਖੇ ਵਿਅਕਤੀ/ਪਰਿਵਾਰ ਬਣ ਸਕਦੇ ਹਨ ਯੋਗ ਲਾਭਪਾਤਰੀ

           ਚੇਅਰਮੈਨ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਉਹ ਵਿਅਕਤੀ ਜਾਂ ਪਰਿਵਾਰ ਲੈ ਸਕਦੇ ਹਨ ਜਿਹੜੇ ਕਿਸੇ ਨਾ ਕਿਸੇ ਯੋਜਨਾ ਦੇ ਯੋਗ ਹੋਣ ਦੇ ਬਾਵਜੂਦ ਹਾਲੇ ਤੱਕ ਇਨ੍ਹਾਂ ਯੋਜਨਾਵਾਂ ਦੇ ਲਾਭ ਤੋਂ ਵਾਂਝੇ ਹਨ। ਇਨ੍ਹਾਂ ਵਿੱਚ ਸ਼ਾਮਿਲ ਹਨ:-

1. ਉਹ ਕਿਸਾਨ ਦਾ ਪਰਿਵਾਰ, ਜਿਸਨੇ ਕਰਜ਼ੇ ਦੇ ਚੱਲਦਿਆਂ ਖੁਦਕੁਸ਼ੀ ਕਰ ਲਈ।

2. ਉਹ ਪਰਿਵਾਰ ਜਿਸਦੇ ਇੱਕੋ ਇੱਕ ਕਮਾਈ ਵਾਲੇ ਵਿਅਕਤੀ ਦੀ ਮੌਤ ਹੋ ਗਈ ਅਤੇ ਔਰਤ ਘਰ ਦਾ ਖਰਚ ਚਲਾ ਰਹੀ ਹੈ।

3. ਉਹ ਪਰਿਵਾਰ ਜਿਸਦਾ ਕੋਈ ਮੈਂਬਰ ਭਿਆਨਕ ਬਿਮਾਰੀਆਂ ਜਿਵੇਂ ਏਡਜ, ਕੈਂਸਰ ਆਦਿ ਨਾਲ ਜੂਝ ਰਿਹਾ ਹੈ।

4. ਉਸ ਸਿਪਾਹੀ ਦਾ ਪਰਿਵਾਰ ਜਿਸ ਦੀ ਮੌਤ ਕਿਸੇ ਜੰਗ ਵਿੱਚ ਹੋਈ ਹੋਵੇ।

5. ਅਜ਼ਾਦੀ ਘੁਲਾਟੀਏ ਦਾ ਪਰਿਵਾਰ।

6. ਉਹ ਪਰਿਵਾਰ ਜਿਨ੍ਹਾਂ ਦੇ ਬੱਚੇ ਸਕੂਲ ਨਹੀਂ ਜਾਂਦੇ।

7. ਬੇਘਰੇ ਪਰਿਵਾਰ।

8. ਜਿਸ ਪਰਿਵਾਰ ਦਾ ਕੋਈ ਮੈਂਬਰ ਮੰਦਬੁੱਧੀ ਜਾਂ ਅਪਾਹਜ ਹੈ।

9. ਉਹ ਬਜ਼ੁਰਗ ਜਿਸਦਾ ਪਰਿਵਾਰ ਨਹੀਂ ਅਤੇ ਉਸ ਕੋਲ ਸਮਾਜਿਕ ਸਹਾਰਾ ਨਹੀਂ ਹੈ।

10. ਨਸ਼ਾ ਪੀੜਤ ਵਿਅਕਤੀ।

11. ਕਿਸੇ ਦੁਰਘਟਨਾ ਜਾਂ ਕੁਦਰਤੀ ਆਫ਼ਤ ਤੋਂ ਪੀੜਤ ਪਰਿਵਾਰ।

12. 18 ਸਾਲ ਉਮਰ ਤੋਂ ਉੱਪਰ ਦੇ ਬੇਰੁਜ਼ਗਾਰ ਨੌਜਵਾਨ।

13. ਕੁਪੋਸ਼ਣ ਦੇ ਸ਼ਿਕਾਰ ਬੱਚੇ।

14. ਸਿਰ ਤੇ ਮੈਲਾ ਢੋਹਣ ਵਾਲੇ ਜਾਂ ਸਫਾਈ ਕਰਮੀ।

15. ਅਨਾਥ, ਖੁਸਰੇ (ਥਰਡ ਜ਼ੈਂਡਰ) ਅਤੇ ਭਿਖ਼ਾਰੀ ਆਦਿ।

16. ਝੁੱਗੀਆਂ ਝੌਂਪੜੀਆਂ ਵਿੱਚ ਰਹਿਣ ਵਾਲੇ ਪਰਿਵਾਰ।

17. ਦੁਰਕਾਰੇ ਮਾਪੇ ਅਤੇ ਔਰਤਾਂ।

18. ਤੇਜ਼ਾਬ ਪੀੜਤ।