ਦੋਸ਼ੀ ਪੁਲੀਸ ਅਧਿਕਾਰੀ ਕੇਸ ਰੱਦ ਕਰਵਾਉਣ ਲਈ ਹਾਈ ਕੋਰਟ ਪੁੱਜੇ

ਫ਼ਰੀਦਕੋਟ: ਬਹਿਬਲ ਕਲਾਂ ਗੋਲੀ ਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਪੁਲੀਸ ਅਧਿਕਾਰੀਆਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਬਹਿਬਲ ਗੋਲੀਕਾਂਡ ਦਾ ਚਲਾਨ, ਜੋ ਵਧੀਕ ਸੈਸ਼ਨ ਜੱਜ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ, ਰੱਦ ਕੀਤਾ ਜਾਵੇ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਦੋ ਹਫ਼ਤਿਆਂ ਵਿੱਚ ਪਟੀਸ਼ਨ ਦਾ ਜਵਾਬ ਅਦਾਲਤ ਵਿੱਚ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਮੁਲਜ਼ਮਾਂ ਨੇ ਹਾਈ ਕੋਰਟ ਤੋਂ ਮੰਗ ਕੀਤੀ ਕਿ ਜਦੋਂ ਤੱਕ ਪਟੀਸ਼ਨ ’ਤੇ ਸੁਣਵਾਈ ਚੱਲਦੀ ਹੈ, ਉਨ੍ਹਾਂ ਚਿਰ ਫ਼ਰੀਦਕੋਟ ਅਦਾਲਤ ਵਿੱਚ ਚੱਲਦੇ ਮੁਕੱਦਮੇ ਦੀ ਸੁਣਵਾਈ ਉੱਪਰ ਰੋਕ ਲਾਈ ਜਾਵੇ ਪਰ ਹਾਲ ਦੀ ਘੜੀ ਹਾਈ ਕੋਰਟ ਨੇ ਰੋਕ ਲਾਉਣ ਤੋਂ ਇਨਕਾਰ ਕੀਤਾ ਹੈ। ਇਸ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਐੱਸਪੀ ਬਿਕਰਮ ਸਿੰਘ ਤੇ ਥਾਣਾ ਬਾਜਾਖਾਨਾ ਦੇ ਐੱਸਐੱਚਓ ਅਮਰਜੀਤ ਸਿੰਘ ਕੁਲਾਰ ਮੁਲਜ਼ਮ ਵਜੋਂ ਨਾਮਜ਼ਦ ਹਨ। ਇਨ੍ਹਾਂ ਪੁਲੀਸ ਅਧਿਕਾਰੀਆਂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਜਾਂਚ ਟੀਮ ਨੇ ਹਮਲਾਵਰਾਂ ਉੱਪਰ ਕਾਰਵਾਈ ਕਰਨ ਦੀ ਥਾਂ ਪੁਲੀਸ ਅਧਿਕਾਰੀਆਂ ਨੂੰ ਹੀ ਦੋਸ਼ੀ ਵਜੋਂ ਨਾਮਜ਼ਦ ਕਰ ਦਿੱਤਾ।

 ਸਥਾਨਕ ਅਦਾਲਤ ਵਿਚ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਹੋਈ, ਜਿੱਥੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਤੋਂ ਬਿਨਾ ਬਾਕੀ ਸਾਰੇ ਮੁਲਜ਼ਮ ਹਾਜ਼ਰ ਸਨ। ਫ਼ਰੀਦਕੋਟ ਦੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਇਸ ਕੇਸ ਦੀ ਅਗਲੀ ਸੁਣਵਾਈ 11 ਮਾਰਚ ਨੂੰ ਕਰਨ ਦੇ ਆਦੇਸ਼ ਦਿੱਤੇ ਹਨ।