ਲਾਹੌਰ (ਪਾਕਿਸਤਾਨ)
ਇੱਕ ਪਾਸੇ ਜਿੱਥੇ ਭਾਰਤ ਦੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਉਥੇ ਹੀ ਦੂਜੇ ਪਾਸੇ ਗੁਆਢੀ ਮੁਲਕ ਤੋਂ ਖਬਰ ਇਹ ਸਾਹਮਣੇ ਆਈ ਹੈ ਕਿ, ਪਾਕਿਸਤਾਨ ਸਰਕਾਰ ਦੇ ਵਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀ ਦੇ ਰੇਟ ਵਿੱਚ ਭਾਰੀ ਕਟੌਤੀ ਦਾ ਐਲਾਨ ਕੀਤੀ ਹੈ।ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਜਨਤਾ ‘ਤੇ ਮਹਿੰਗਾਈ ਦੇ ਬੋਝ ਨੂੰ ਘੱਟ ਕਰਨ ਲਈ ਪੈਟਰੋਲ ਦੀਆਂ ਕੀਮਤਾਂ ਵਿੱਚ 10 ਰੁਪਏ (PKR) ਪ੍ਰਤੀ ਲੀਟਰ, ਜਦੋਂ ਕਿ ਬਿਜਲੀ ਦੀਆਂ ਕੀਮਤਾਂ ਵਿੱਚ 5 ਰੁਪਏ (PKR) ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਹੈ। ਹਾਲ ਹੀ ‘ਚ ਇਮਰਾਨ ਖਾਨ ਨੇ ਕਿਹਾ ਸੀ ਕਿ ਅਗਲੇ ਬਜਟ ਯਾਨੀ ਜੂਨ ਦੇ ਅੰਤ ਤੱਕ ਪੈਟਰੋਲੀਅਮ ਅਤੇ ਬਿਜਲੀ ਦੀਆਂ ਕੀਮਤਾਂ ਨਹੀਂ ਵਧਾਈਆਂ ਜਾਣਗੀਆਂ।
ਪਾਕਿਸਤਾਨ ‘ਚ ਵਧਦੀ ਮਹਿੰਗਾਈ ਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਾਰ ਇਮਰਾਨ ਸਰਕਾਰ ‘ਤੇ ਹਮਲੇ ਕਰ ਰਹੀਆਂ ਹਨ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਪਾਕਿਸਤਾਨ ਸਰਕਾਰ ਨੇ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਰਿਕਾਰਡ ਉਛਾਲ ਦਾ ਹਵਾਲਾ ਦਿੰਦੇ ਹੋਏ ਦੇਸ਼ ‘ਚ ਪੈਟਰੋਲ ਦੀ ਕੀਮਤ ‘ਚ 12.03 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।ਇਸ ਤੋਂ ਬਾਅਦ ਪੈਟਰੋਲ ਦੀ ਕੀਮਤ 160 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਸੀ। ਪਾਕਿਸਤਾਨ ‘ਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ‘ਚ ਵਾਧੇ ਤੋਂ ਬਾਅਦ ਦੇਸ਼ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਸ਼ਿਬਲੀ ਫਰਾਜ ਨੇ ਜਨਤਾ ਨੂੰ ਘੱਟ ਤੋਂ ਘੱਟ ਈਂਧਨ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਸੀ।