CM ਭਗਵੰਤ ਮਾਨ ਦਾ ਵੱਡਾ ਐਲਾਨ, ਵਿਧਾਨ ਸਭਾ ਦੀ ਕਾਰਵਾਈ ਦਾ ਹੁਣ ਹੋਵੇਗਾ LIVE ਟੈਲੀਕਾਸਟ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਲੋਕ ਸਭਾ ਅਤੇ ਰਾਜ ਸਭਾ ਦੀ ਤਰਜ਼ 'ਤੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਵੀ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਸਬੰਧੀ ਯੋਜਨਾ ਜਲਦੀ ਹੀ ਲਾਗੂ ਕਰ ਦਿੱਤੀ ਜਾਵੇਗੀ। ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਪੀਕਰ ਦੀ ਚੋਣ ਤੋਂ ਬਾਅਦ ਸਦਨ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਤਾਂ ਵਿਰੋਧੀ ਧਿਰ ਨੇ ਵੀ ਇਸ ਦਾ ਸਵਾਗਤ ਕੀਤਾ।

ਸਦਨ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦੇ ਸਦਨ ਦੇ ਅੰਦਰ ਕੀ ਕੰਮ ਕਰਦੇ ਹਨ ਅਤੇ ਕਿੰਨੇ ਮੁੱਦੇ ਉਠਾਉਂਦੇ ਹਨ। ਪੰਜਾਬ ਵਿਧਾਨ ਸਭਾ ਵਿੱਚ ਸਪੀਕਰ ਬਣੇ ਕੁਲਤਾਰ ਸਿੰਘ ਸੰਧਵਾ ਵੀ ਵਿਰੋਧੀ ਧਿਰ ਵਿੱਚ ਰਹਿੰਦਿਆਂ ਵਿਧਾਨ ਸਭਾ ਦੀ ਲਾਈਵ ਕਾਰਵਾਈ ਦਾ ਸਮਰਥਨ ਕਰਦੇ ਰਹੇ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵੀ ਇਸ ਸਬੰਧੀ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ।

ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਸਦਨ ਦੀ ਕਾਰਵਾਈ ਨੂੰ ਲਾਈਵ ਕਰਨਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਘੱਟੋ-ਘੱਟ 100 ਦਿਨ ਚਲਾਈ ਜਾਵੇ। ਬਾਜਵਾ ਨੇ ਕਿਹਾ ਕਿ ਕਈ ਵਿਧਾਇਕ ਪਹਿਲੀ ਵਾਰ ਚੁਣ ਕੇ ਸਦਨ ਵਿਚ ਆਏ ਹਨ, ਵਿਧਾਨ ਸਭਾ ਦੀ ਕਾਰਵਾਈ ਲੰਬੀ ਚੱਲੇਗੀ ਤਾਂ ਉਨ੍ਹਾਂ ਦੀ ਜਾਣਕਾਰੀ 'ਚ ਵੀ ਵਾਧਾ ਹੋਵੇਗਾ।

'ਆਪ' ਨੇ ਰਾਜ ਸਭਾ ਲਈ ਸਾਰੇ ਨਾਂ ਐਲਾਨੇ

ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਪੰਜਾਂ ਨਾਵਾਂ 'ਤੇ ਮੋਹਰ ਲਗਾ ਦਿੱਤੀ ਹੈ। ਇਨ੍ਹਾਂ ਵਿਚ ਡਾ. ਸੰਦੀਪ ਪਾਠਕ, ਕ੍ਰਿਕਟਰ ਹਰਭਜਨ ਸਿੰਘ, ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਜੀਵ ਅਰੋੜਾ ਦੇ ਨਾਂ ਸ਼ਾਮਲ ਹਨ। ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਜਿੱਤ ਵਿੱਚ ਡਾ. ਸੰਦੀਪ ਪਾਠਕ (Sandeep Pathak) ਦਾ ਅਹਿਮ ਯੋਗਦਾਨ ਰਿਹਾ ਹੈ। ਸੰਦੀਪ ਪਾਠਕ ਨੇ ਵਿਧਾਨ ਸਭਾ ਚੋਣਾਂ ਤੋਂ ਤਿੰਨ ਸਾਲ ਪਹਿਲਾਂ ਪੰਜਾਬ 'ਚ ਡੇਰੇ ਲਾਏ ਸਨ। ਮੰਨਿਆ ਜਾ ਰਿਹਾ ਹੈ ਕਿ ਡਾ: ਸੰਦੀਪ ਪਾਠਕ ਨੇ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਦੀ ਰਣਨੀਤੀ ਬਣਾਈ ਹੈ। ਸੰਜੀਵ ਅਰੋੜਾ ਪੰਜਾਬ ਦੇ ਵੱਡੇ ਸਨਅਤਕਾਰ ਹਨ ਤੇ ਅਸ਼ੋਕ ਮਿੱਤਲ ਐੱਲਪੀਯੂ ਦੇ ਵਾਈਸ ਚਾਂਸਲਰ ਹਨ।