ਫਿਰੋਜ਼ਪੁਰ : 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਸਮਾਗਮ ਸਬੰਧੀ ਸੋਮਵਾਰ ਨੂੰ 'ਪੰਜਾਬੀ ਜਾਗਰਣ' ਵਿਚ ਲੱਗੀ ਖ਼ਬਰ ਮਗਰੋਂ ਚੁੱਪ ਤੋੜਦਿਆਂ ਆਖ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਦੇ ਪੋ੍ਗਰਾਮਾਂ ਦਾ ਐਲਾਨ ਕਰ ਹੀ ਦਿੱਤਾ। ਇਸ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਹੁਸੈਨੀਵਾਲਾ ਪਹੁੰਚੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਸਮਾਰਕ 'ਤੇ 23 ਮਾਰਚ ਸ਼ਹੀਦੀ ਦਿਹਾੜੇ ਵਾਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਤਮਸਤਕ ਹੋਣਗੇ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਮੁੱਖ ਮੰਤਰੀ ਵੱਲੋਂ ਕਿਸੇ ਪਬਲਿਕ ਰੈਲੀ ਨੂੰ ਜਾਂ ਫਿਰ ਕਿਸੇ ਇਕੱਠ ਨੂੰ ਸੰਬੋਧਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਸਵੇਰੇ ਕਰੀਬ 11 ਵਜੇ ਸ਼ਹੀਦੀ ਸਥੱਲ 'ਤੇ ਪਹੁੰਚਣਗੇ। ਜਿਸ ਸਬੰਧੀ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਹਰ ਵਾਰ ਮਨਾਏ ਜਾਂਦੇ ਸੂਬਾ ਪੱਧਰੀ ਸਮਾਗਮਾਂ ਦੇ ਬਾਵਜੂਦ ਇਸ ਵਾਰ ਜ਼ਿਲ੍ਹਾ ਫਿਰੋਜ਼ਪੁਰ ਪ੍ਰਸ਼ਾਸਨ ਵੱਲੋਂ ਵੱਟੀ ਚੁੱਪ ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੀ 'ਪੰਜਾਬੀ ਜਾਗਰਣ' ਦੀ ਟੀਮ ਵੱਲੋਂ ਸੋਮਵਾਰ ਨੂੰ ਇਸ ਸਬੰਧੀ ਖ਼ਬਰ ਪ੍ਰਕਾਸ਼ਤ ਕੀਤੀ ਗਈ ਸੀ। ਇਸ ਤੋਂ ਮਗਰੋਂ ਸਰਗਰਮ ਹੁੰਦਿਆਂ ਸੋਮਵਾਰ ਦੁਪਹਿਰ ਬਾਅਦ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਤੇ ਉੱਚ ਅਧਿਕਾਰੀਆਂ ਦੀ ਟੀਮ ਹੁਸੈਨੀਵਾਲਾ ਪਹੁੰਚੀ ਤੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਮੁੱਖ ਮੰਤਰੀ ਦੀ ਆਮਦ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਐੱਸਡੀਐੱਮ ਫਿਰੋਜ਼ਪੁਰ ਓਮ ਪ੍ਰਕਾਸ਼, ਐੱਸਡੀਐੱਮ ਗੁਰੂਹਰਹਸਹਾਏ ਬਬਨਦੀਪ ਸਿੰਘ, ਐੱਸਡੀਐੱਮ ਜ਼ੀਰਾ ਸੂਬਾ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।