ਚੰਡੀਗੜ੍ਹ : ਸੂਬੇ ਦੇ ਪ੍ਰਾਈਵੇਟ ਸਕੂਲਾਂ ਵਿੱਚੋਂ ਸਿੱਖਿਆ ਹਾਸਲ ਕਰਨ ਰਹੇ ਵਿਦਿਆਰਥੀਆਂ ਦੇ ਹਿੱਤ ਵਿਚ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਪ੍ਰਾਈਵੇਟ ਸਕੂਲ ਵਿਦਿਅਕ ਸੈਸ਼ਨ 2022-23 ਦੇ ਮੌਜੂਦਾ ਸਮੈਸਟਰ ਦੌਰਾਨ ਫੀਸ ਵਿਚ ਕੋਈ ਵਾਧਾ ਨਹੀਂ ਕਰ ਸਕਣਗੇ ਅਤੇ ਇਹ ਆਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਵੀਡੀਓ ਸੰਦੇਸ਼ ਰਾਹੀਂ ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕ ਇਸ ਵਿਦਿਅਕ ਸੈਸ਼ਨ ਦੇ ਮੌਜੂਦਾ ਸਮੈਸਟਰ ਦੌਰਾਨ ਫੀਸ ਵਿਚ ਇਕ ਰੁਪਏ ਦਾ ਵਾਧਾ ਨਹੀਂ ਕਰ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਰੇ ਨੀਤੀ ਸਕੂਲੀ ਬੱਚਿਆਂ ਦੇ ਮਾਪਿਆਂ, ਸਕੂਲ ਪ੍ਰਬੰਧਕਾਂ, ਪ੍ਰਿੰਸੀਪਲਾਂ ਅਤੇ ਹੋਰ ਸਬੰਧਤ ਧਿਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਉਲੀਕੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਵਿਸਥਾਰ ਵਿਚ ਜਾਣਕਾਰੀ ਸਾਂਝੀ ਕੀਤੀ ਜਾਵੇਗੀ।