ਬੇਅਦਬੀ ਤੇ ਗੋਲੀ ਕਾਂਡ ਦੇ ਦੋਸ਼ੀਆ ਨੂੰ ਸਜ਼ਾਵਾਂ ਦਿਵਾਉਣ ਲਈ ਬਹਿਬਲ ਕਲਾਂ 'ਚ ਅੱਜ ਹੋਵੇਗਾ ਵੱਡਾ ਇਕੱਠ

ਫਰੀਦਕੋਟ : ਬੇਅਦਬੀ ਤੇ ਗੋਲੀ ਕਾਂਡ ਦੇ ਦੋਸ਼ੀਆ ਨੂੰ ਸਜ਼ਾਵਾਂ ਦਿਵਾਉਣ ਲਈ ਬਹਿਬਲ ਕਲਾਂ ਦੇ ਪੀਡ਼ਤ ਪਰਿਵਾਰਾਂ ਅਤੇ ਸਿੱਖ ਸੰਗਠਨਾਂ ਵੱਲੋਂ ਅੱਜ ਬਹਿਬਲ ਕਲਾਂ ਵਿਖੇ ਕੀਤੇ ਜਾਣ ਵਾਲੇ ਰੋਸ ਦੇ ਮੱਦੇਨਜ਼ਰ ਭਾਰੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤੀ ਗਈ ਹੈ। ਸਿੱਖ ਜਥੇਬੰਦੀਆਂ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਇਸ ਪ੍ਰੋਟੈਸਟ ਵਿਚ ਸ਼ਾਮਲ ਹੋ ਰਹੇ ਹਨ।

ਮੋਗਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਦੀ ਪੁਲਿਸ ਤੋਂ ਇਲਾਵਾ ਪੰਜਾਬ ਆਰਮਡ ਪੁਲਿਸ ਦੀਆਂ ਟੁਕੜੀਆਂ ਨੂੰ ਬਰਗਾੜੀ- ਬਹਿਬਲ ਕਲਾਂ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਨਾਕਾਬੰਦੀ ਉੱਪਰ ਤਾਇਨਾਤ ਕੀਤਾ ਗਿਆ ਹੈ। ਬਹਿਬਲ ਕਲਾਂ ਗੋਲੀ ਕਾਂਡ ਵਿੱਚ ਸ਼ਹੀਦ ਕਿ੍ਸਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਅਤੇ ਸ਼ਹੀਦ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਅੱਜ ਨੈਸ਼ਨਲ ਹਾਈਵੇ ਜਾਮ ਕਰਕੇ ਪੱਕੇ ਤੌਰ ਤੇ ਧਰਨਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਸਿੱਖ ਜਥੇਬੰਦੀਆਂ ਵੱਲੋਂ ਸਰਕਾਰਾਂ ਪ੍ਰਤੀ ਰੋਸ ਹੈ।ਦੂਜੇ ਪਾਸੇ ਪੁਲਿਸ ਦਲਾਂ ਦੀ ਕਮਾਂਡ ਸੰਭਾਲਣ ਵਾਲੀ ਟੀਮ ਦੇ ਇਕ ਆਹਲਾ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਦੀ ਤਾਇਨਾਤੀ ਇਸ ਕਰਕੇ ਕੀਤੀ ਗਈ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਕਿਸੇ ਵੀ ਤਰ੍ਹਾਂ ਨਾਲ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਈ ਕੋਸ਼ਿਸ਼ ਨਾ ਕਰੇ।