ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਦਾ ਚਾਰਜ ਵੀ ਹੈ, ਦੀ ਬੇਵੱਸ ਚੁੱਪੀ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕੇਜਰੀਵਾਲ ਨੂੰ ਕਿਹਾ ਕਿ ਚੋਣਾਂ ਦੌਰਾਨ ਕੋਈ ਤੁਹਾਡੇ ਵਿਰੁੱਧ ਹੋਣ ਦਾ ਮਤਲਬ ਇਹ ਨਹੀਂ ਕਿ ਤੁਸੀਂ ਨਿੱਜੀ ਦੁਸ਼ਮਣੀ ਕੱਢਣ ਅਤੇ ਆਪਣੀ ਹਉਮੈ ਨੂੰ ਸ਼ਾਂਤ ਕਰਨ ਲਈ ਉਸਨੂੰ ਸਲਾਖਾਂ ਪਿੱਛੇ ਸੁੱਟ ਦਿਓ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਕਰਕੇ ਉਹ ਗ਼ਲਤ ਰਵਾਇਤ ਪੈਦਾ ਕਰ ਰਹੇ ਹਨ।
ਚੰਡੀਗੜ੍ਹ : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਅਲਕਾ ਲਾਂਬਾ ਅਤੇ ਕੁਮਾਰ ਵਿਸ਼ਵਾਸ ਨਾਲ ਨਿੱਜੀ ਦੁਸ਼ਮਣੀ ਕੱਢਣ ਲਈ ਪੰਜਾਬ ਪੁਲਿਸ ਦੀ ਦੁਰਵਰਤੋਂ ਕਰਨ ਤੇ ਨਿੰਦਾ ਕੀਤੀ ਹੈ।
ਇਸ ਸਬੰਧੀ ਇੱਕ ਟਵੀਟ ਰਾਹੀਂ ਰਾਜਾ ਵੜਿੰਗ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਲਕਾ ਲਾਂਬਾ ਅਤੇ ਕੁਮਾਰ ਵਿਸ਼ਵਾਸ ਵਰਗੇ ਆਪਣੇ ਸਿਆਸੀ ਵਿਰੋਧੀਆਂ ਨਾਲ ਨਿੱਜੀ ਦੁਸ਼ਮਣੀ ਕੰਢਣ ਲਈ ਪੰਜਾਬ ਪੁਲਿਸ ਦੀ ਦੁਰਵਰਤੋਂ ਸ਼ੁਰੂ ਕਰ ਦਿੱਤੀ ਹੈ, ਜਿਸ ਤੋਂ ਮੁੱਖ ਮੰਤਰੀ ਭਗਵੰਤ ਮਾਨ ਬੇਵੱਸ ਨਜ਼ਰ ਆ ਰਹੇ ਹਨ।ਇਸੇ ਲੜੀ ਤਹਿਤ, ਰੋਪੜ ਪੁਲਿਸ ਵੱਲੋਂ ਅਲਕਾ ਲਾਂਬਾ ਅਤੇ ਡਾ. ਵਿਸ਼ਵਾਸ ਵਿਰੁੱਧ ਦਰਜ ਕੀਤੀ ਗਈ ਐਫਆਈਆਰ 'ਤੇ ਪ੍ਰਤੀਕਿਰਿਆ ਦਿੰਦਿਆਂ, ਰਾਜਾ ਵੜਿੰਗ ਨੇ ਕਿਹਾ ਕਿ ਇਹ ਅਸੰਵਿਧਾਨਕ ਤਰੀਕੇ ਨਾਲ ਸੱਤਾ ਦੀ ਦੁਰਵਰਤੋਂ ਨੂੰ ਦਰਸਾਉਂਦਾ ਹੈ। ਜਦੋਂ ਕਿ ਕੇਜਰੀਵਾਲ ਕੋਲ ਪੰਜਾਬ ਪੁਲਿਸ ਨੂੰ ਕੰਟਰੋਲ ਕਰਨ ਦਾ ਕੋਈ ਕਾਨੂੰਨੀ ਜਾਂ ਸੰਵਿਧਾਨਕ ਹੱਕ ਨਹੀਂ ਹੈ।ਰਾਜਾ ਵੜਿੰਗ ਨੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਦਿੱਲੀ ਦੇ ਮੁੱਖ ਮੰਤਰੀ ਵਰਗੀ ਬਾਹਰੀ ਅਥਾਰਟੀ ਦੇ ਅਧੀਨ ਕੰਮ ਕਰਨ ਵਿਰੁੱਧ ਵੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਅਮਨ-ਕਾਨੂੰਨ ਦੀ ਸਥਿਤੀ ਬੁਰੀ ਹਾਲਤ ਵਿੱਚ ਪਹੁੰਚ ਗਈ ਹੈ। ਉਨ੍ਹਾਂ ਡੀਜੀਪੀ ਨੂੰ ਕਿਹਾ ਕਿ ਉਹ ਕੇਜਰੀਵਾਲ ਦੇ ਸਿਆਸੀ ਵਿਰੋਧੀਆਂ 'ਤੇ ਆਪਣੀ ਤਾਕਤ ਬਰਬਾਦ ਕਰਨ ਦੀ ਬਜਾਏ ਸੂਬੇ 'ਚ ਕਾਨੂੰਨ ਵਿਵਸਥਾ ਨੂੰ ਸੁਧਾਰਨ 'ਤੇ ਧਿਆਨ ਦੇਣ।